ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ’ਤੇ ਭੜਕਿਆ ਵਿਵਾਦ, EO ਜ਼ਿਕਰਪੁਰ ’ਤੇ ਪੱਖਪਾਤ ਦੇ ਦੋਸ਼
ਜ਼ੀਰਕਪੁਰ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਦੇ ਕਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਨੂੰ ਲੈ ਕੇ ਅੱਜ ਨਗਰ ਕੌਂਸਲ ਦਫ਼ਤਰ ਵਿੱਚ ਜ਼ਬਰਦਸਤ ਹੰਗਾਮਾ ਵੇਖਣ ਨੂੰ ਮਿਲਿਆ। ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਉਨ੍ਹਾਂ ਦੇ ਸੁਪੁੱਤਰ ਹਰਦੀਪ ਸੈਣੀ ਅਤੇ ਹੋਰ ਭਾਜਪਾ ਵਰਕਰ ਜ਼ੀਰਕਪੁਰ EO ਨੂੰ ਮਿਲੇ ਅਤੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ’ਤੇ ਕੜਾ ਵਿਰੋਧ ਜਤਾਇਆ। ਇਸ ਦੌਰਾਨ ਭਾਜਪਾ ਵਰਕਰਾਂ ਅਤੇ ਆਗੂਆਂ ਦੀ EO ਨਾਲ ਤਿੱਖੀ ਬਹਿਸ ਵੀ ਹੋਈ ਅਤੇ ਪ੍ਰਸ਼ਾਸਨ ’ਤੇ ਪੱਖਪਾਤੀ ਰਵੱਈਆ ਅਪਣਾਉਣ ਦੇ ਗੰਭੀਰ ਦੋਸ਼ ਲਗਾਏ ਗਏ।
ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਵਾਰਡਾਂ ਵਿੱਚ ਪਾਰਟੀ ਦੀ ਜਿੱਤ ਲਗਭਗ ਪੱਕੀ ਮੰਨੀ ਜਾ ਰਹੀ ਸੀ, ਉਨ੍ਹਾਂ ਹੀ ਵਾਰਡਾਂ ਤੋਂ ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਵਰਕਰਾਂ ਨੇ ਦੋਸ਼ ਲਗਾਇਆ ਕਿ ਇਹ ਸਭ ਸੱਤਾ ਦੇ ਦਬਾਅ ਹੇਠ ਕੀਤਾ ਜਾ ਰਿਹਾ ਹੈ ਤਾਂ ਜੋ ਮਜ਼ਬੂਤ ਉਮੀਦਵਾਰਾਂ ਨੂੰ ਚੋਣ ਮੈਦਾਨ ਤੋਂ ਬਾਹਰ ਕੀਤਾ ਜਾ ਸਕੇ।
ਭਾਜਪਾ ਆਗੂਆਂ ਨੇ ਖਾਸ ਤੌਰ ’ਤੇ ਪਰਵੀਨ ਮਿੱਤਲ ਦੀ ਨਾਮਜ਼ਦਗੀ ਰੱਦ ਹੋਣ ਨੂੰ ਸਭ ਤੋਂ ਵੱਡਾ ਸਬੂਤ ਦੱਸਦੇ ਹੋਏ ਕਿਹਾ ਕਿ ਇਸ ਨਾਲ ਸਾਫ਼ ਹੁੰਦਾ ਹੈ ਕਿ EO ਸਰਕਾਰ ਦੇ ਇਸ਼ਾਰਿਆਂ ’ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਚੋਣਾਂ ਕਰਵਾਉਣ ਦੀ ਬਜਾਏ ਪ੍ਰਸ਼ਾਸਨ ਰਾਜਨੀਤਿਕ ਦਬਾਅ ਹੇਠ ਕੰਮ ਕਰ ਰਿਹਾ ਹੈ, ਜਿਸ ਨਾਲ ਲੋਕਤੰਤਰ ਦੀ ਭਾਵਨਾ ਨੂੰ ਠੇਸ ਪਹੁੰਚ ਰਹੀ ਹੈ।
ਇਸ ਦੌਰਾਨ ਭਾਜਪਾ ਵਰਕਰਾਂ ਨੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕਰਦੇ ਹੋਏ ਚੇਤਾਵਨੀ ਦਿੱਤੀ ਕਿ ਜੇ ਉਮੀਦਵਾਰਾਂ ਨਾਲ ਹੋ ਰਹੇ ਅਨਿਆਇ ਨੂੰ ਤੁਰੰਤ ਨਾ ਰੋਕਿਆ ਗਿਆ ਤਾਂ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਵੱਡਾ ਆੰਦੋਲਨ ਕਰੇਗੀ। ਭਾਜਪਾ ਆਗੂਆਂ ਨੇ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਦੀ ਮੰਗ ਕੀਤੀ ਅਤੇ ਕਿਹਾ ਕਿ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਇਸਦਾ ਜਵਾਬ ਚੋਣਾਂ ਵਿੱਚ ਦੇਣਗੇ।
टिप्पणियाँ
एक टिप्पणी भेजें